
ਤਰਨ ਤਾਰਨ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੀ ਮੀਟਿੰਗ ਰਸੂਲਪੁਰ ਵਿਖੇ ਜਰਨੈਲ ਸਿੰਘ ਰਸੂਲਪੁਰ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ, ਅਤੇ ਜ਼ਿਲ੍ਹਾ ਸਕੱਤਰੇਤ ਮੈਂਬਰ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਭਾਜਪਾ ਦੀ ਮੋਦੀ ਸਰਕਾਰ ਕਾਰਪੋਰੇਟਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਅਤੇ ਦੇਸ਼ ਦੀ ਪਰੱਭੂਸੱਤਾ ਨੂੰ ਅਮਰੀਕਨ ਸਾਮਰਾਜ ਕੋਲ ਗਹਿਣੇ ਧਰਕੇ ਦੇਸ ਦੇ ਹਿੱਤਾ ਨੂੰ ਨੁਕਸਾਨ ਪਹੁਚਾ ਰਹੀ ਹੈ। ਇਹਨਾਂ ਆਗੂਆਂ ਨੇ ਦੇਸ਼ ਦੀ ਕੇਂਦਰੀ ਸੱਤਾ ‘ਤੇ ਕਾਬਜ਼ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐੱਸ.ਐੱਸ. ਜਾਂ ਸੰਘ) ਵਲੋਂ ਫਿਰਕੂ ਤੇ ਜਾਤੀਵਾਦੀ ਵੰਡ ਤਿੱਖੀ ਕਰਨ ਲਈ ਦੇਸ਼ ਭਰ ‘ਚ ਮੁਸਲਮਾਨ ਤੇ ਈਸਾਈ ਘੱਟ ਗਿਣਤੀ ਵਸੋਂ ਅਤੇ ਦਲਿਤਾਂ ਦੇ ਕੀਤੇ ਜਾ ਰਹੇ ਘਿਨੌਣੇ ਕਤਲਾਂ, ਇਨ੍ਹਾਂ ਖਿਲਾਫ ਕੀਤੇ ਜਾ ਰਹੇ ਵਿਉਂਤਬੱਧ ਨਫਰਤੀ ਕੂੜ ਪ੍ਰਚਾਰ ਅਤੇ ਸਮਾਜਿਕ ਜਬਰ ਤੇ ਵਿਤਕਰੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮਨੂੰਵਾਦੀ ਸ਼ਾਸ਼ਨ ਪੱਧਤੀ ਲਾਗੂ ਕਰਨ ਲਈ ਸੰਘ ਪ੍ਰੀਵਾਰ ਦੇ ਗੁਰਗੇ ਔਰਤਾਂ ਖ਼ਿਲਾਫ਼ ਦੇਸ਼ ਭਰ ‘ਚ ਹੌਲਨਾਕ ਜ਼ੁਲਮ ਕਮਾ ਰਹੇ ਹਨ। ਉਹਨਾਂ ਕਿਹਾ ਕਿ ਸੰਘ-ਭਾਜਪਾ ਅਤੇ ਮੋਦੀ ਸਰਕਾਰ ਸਭਨਾਂ ਦੇ ਸਾਂਝੇ ਉਦਾਰ ਭਾਰਤ ਨੂੰ ਧਰਮ ਅਧਾਰਤ, ਕੱਟੜ-ਪਿਛਾਖੜੀ, ਗੈਰ ਲੋਕਰਾਜੀ ਰਾਸ਼ਟਰ ‘ਚ ਤਬਦੀਲ ਕਰਨਾ ਚਾਹੁੰਦੇ ਹਨ। ਆਪਣੇ ਇਸ ਮਕਸਦ ਲਈ ਇਨ੍ਹਾਂ ਖਰੂਦੀ ਟੋਲਿਆਂ ਵਲੋਂ ਦੇਸ਼ ਦੇ ਮੌਜੂਦਾ ਸੰਵਿਧਾਨ, ਭਾਰਤ ਦੇ ਲੋਕਰਾਜੀ, ਧਰਮ ਨਿਰਪੱਖ, ਫੈਡਰਲ ਢਾਂਚੇ ਅਤੇ ਸੰਵਿਧਾਨਕ ਤੇ ਜਮਹੂਰੀ ਸੰਸਥਾਵਾਂ ਦਾ ਗਿਣ-ਮਿਥ ਕੇ ਘਾਣ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਆਰ.ਐੱਸ.ਐੱਸ. ਤੇ ਭਾਜਪਾ ਦੀਆਂ ਪੰਜਾਬ ਦੀ ਸੱਤਾ ‘ਤੇ ਕਬਜ਼ਾ ਜਮਾਉਣ ਦੀਆਂ ਕੁਚਾਲਾਂ ਨੂੰ ਭਾਂਜ ਦੇਣ ਲਈ ਸਿਆਸੀ ਤੇ ਜਨਤਕ ਘੋਲ ਹੋਰ ਪ੍ਰਚੰਡ ਕੀਤੇ ਜਾਣਗੇ। ਜਾਮਾਰਾਏ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਤਰਨ ਤਾਰਨ ਤਹਿਸੀਲ ਵਲੋਂ ਮਨਾਇਆ ਜਾਵੇਗਾ।
ਇਸ ਮੌਕੇ ਲਖਵਿੰਦਰ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਗੁਰਪ੍ਰੀਤ, ਜਸਵਿੰਦਰ ਕੌਰ, ਜੋਗਿੰਦਰ ਕੌਰ, ਨਰਿੰਦਰ ਸਿੰਘ, ਸਤਨਾਮ ਸਿੰਘ, ਕਸ਼ਮੀਰ ਸਿੰਘ, ਗੁਲਜ਼ਾਰ ਸਿੰਘ, ਗਰਮੇਜ਼ ਸਿੰਘ, ਗੋਰਾ ਗਾਇਕ ਰਸੂਲਪੁਰ, ਜੈ ਗੁਰਦੇਵ ਸਿੰਘ, ਬਲਜਿੰਦਰ ਕੌਰ, ਨਿਸ਼ਾਨ ਸਿੰਘ, ਪੰਜਾਬ ਸਿੰਘ ਆਦਿ ਹਾਜ਼ਰ ਸਨ।