Now Reading
ਫਾਸ਼ੀਵਾਦੀ ਮੋਦੀ ਸਰਕਾਰ ਮਜ਼ਦੂਰ ਜਮਾਤ ਦੇ ਦੁਸ਼ਮਣ, 31 ਨੂੰ ਤਰਨ ਤਾਰਨ ਪੁੱਜਣ ਦੀ ਅਪੀਲ

ਫਾਸ਼ੀਵਾਦੀ ਮੋਦੀ ਸਰਕਾਰ ਮਜ਼ਦੂਰ ਜਮਾਤ ਦੇ ਦੁਸ਼ਮਣ, 31 ਨੂੰ ਤਰਨ ਤਾਰਨ ਪੁੱਜਣ ਦੀ ਅਪੀਲ

ਤਰਨ ਤਾਰਨ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਭਰਵੀਂ ਮੀਟਿੰਗ ਚੀਮਾ ਖੁਰਦ ਵਿਖੇ ਗੁਰਵੇਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਅਤੇ ਸੂਬਾ ਕਮੇਟੀ ਮੈਂਬਰ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਫਿਰਕੂ ਨੀਤੀਆਂ ਤਹਿਤ ਫਾਸ਼ੀਵਾਦੀ ਰੁਝਾਨ ਰਾਹੀਂ ਘੱਟ ਗਿਣਤੀਆਂ, ਦਲਿਤਾਂ ਤੇ ਔਰਤਾਂ ਤੇ ਜ਼ੁਲਮ ਕਰਕੇ ਦੇਸ਼ ਵਿੱਚ ਫਿਰਕੂ ਜਹਿਰ ਨੂੰ ਘੋਲਿਆ ਜਾ ਰਿਹਾ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਅੱਜ ਸਾਡੇ ਦੇਸ਼ ਦਾ ਮਜ਼ਦੂਰ, ਕਿਸਾਨ ਤੇ ਹੋਰ ਕਿਰਤੀ ਲੋਕ ਬੁਰੀ ਤਰ੍ਹਾਂ ਨਪੀੜੇ ਜਾ ਰਹੇ ਹਨ। ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਤੰਗ ਨਜ਼ਰੀ ਨੇ ਆਮ ਮਿਹਨਤਕਸ਼ ਲੋਕਾਂ ਨੂੰ ਤਰਸ ਦੇ ਪਾਤਰ ਬਣਾ ਦਿੱਤਾ ਹੈ। ਸਾਡੇ ਦੇਸ਼ ਆਮ ਮਜ਼ਦੂਰ ਤੋਂ ਲੈਕੇ ਦਰਮਿਆਨੇ ਤਬਕੇ ਤੱਕ ਸਭ ਲੋਕਾਂ ਨੂੰ ਬੁਰੀ ਤਰ੍ਹਾਂ ਕਰਜ਼ੇ ਦੇ ਜੰਜਾਲ ਵਿੱਚ ਫਸਾਇਆ ਹੈ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਸਾਮਰਾਜ ਦੇ ਦਬਾਅ ਤਹਿਤ ਮਹਿੰਗਾ ਡੀਜ਼ਲ ਪੈਟਰੋਲ ਗੈਸ ਖਰੀਦ ਕੇ ਸਾਡੇ ਲੋਕਾਂ ਤੇ ਮਹਿੰਗਾਈ ਦਾ ਵੱਡਾ ਬੋਝ ਪਾ ਰਹੀ ਹੈ, ਜਦੋਂ ਕਿ ਇਰਾਨ ਰੂਸ ਤੋਂ ਸਸਤਾ ਤੇਲ ਖਰੀਦਿਆ ਜਾ ਸਕਦਾ ਹੈ। ਮਜ਼ਦੂਰਾਂ ਦੇ ਹੱਕ ਦੇ ਕਾਨੂੰਨ ਤੋੜ ਕੇ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਲਾਗੂ ਕਰ ਦਿੱਤੇ। ਪੰਜਾਬ ਨਾਲ ਵੀ ਕੇਂਦਰ ਸਰਕਾਰ ਧੱਕਾ ਕਰ ਰਹੀ ਹੈ। ਚੰਡੀਗੜ੍ਹ ਪੰਜਾਬ ਤੋਂ ਪੱਕੇ ਤੌਰ ਤੇ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਿਆ ਜਾ ਰਿਹਾ ਹੈ। ਪੰਜਾਬ ਸਮੇਤ ਹੋਰ ਰਾਜਾਂ ਦੇ ਬਣਦੇ ਫੈਡਰਲ ਹੱਕ ਖੋਹੇ ਜਾ ਰਹੇ ਹਨ। ਵਿਰੋਧੀ ਪਾਰਟੀਆਂ ਦੇ ਐਮ. ਪੀ,ਐਮ ਐਲ ਏ ਖਰੀਦੇ ਤੇ ਈ ਡੀ ਰਾਹੀਂ ਡਰਾਏ ਜਾ ਰਹੇ ਹਨ। ਉਨ੍ਹਾਂ ਨੂੰ ਬੀ ਜੇ ਪੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਕੁੱਲ ਮਿਲਾ ਕੇ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਘਰ ਭਰਦਿਆਂ ਆਮ ਮਿਹਨਤਕਸ਼ ਲੋਕਾਂ ਦਾ ਲਹੂ ਪੀ ਰਹੀ ਹੈ।
ਸਾਡੀ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਅਪਣਾ ਕੇ ਕਿਰਤੀਆਂ ਦੀ ਲੁੱਟ ਦੇ ਰਾਹ ਪਈ ਹੈ। ਹੱਕ ਮੰਗਦੇ ਲੋਕਾਂ ਤੇ ਖੁੱਲ੍ਹ ਕੇ ਪੁਲੀਸ ਤਸ਼ੱਦਦ ਕੀਤਾ ਜਾ ਰਿਹਾ ਹੈ। ਇਸ ਮੌਕੇ ਜਰਨੈਲ ਸਿੰਘ ਰਸੂਲਪੁਰ ਨੇ ਦੱਸਿਆ ਕਿ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਤਰਨ ਤਾਰਨ ਵਿਖੇ ਮਨਾਇਆ ਜਾ ਰਿਹਾ ਅਤੇ ਪੰਜ ਅਗਸਤ ਨੂੰ ਮਜ਼ਦੂਰਾਂ ਦੀਆਂ ਜਥੇਬੰਦੀਆਂ ਵਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਸ਼ਾਲ ਇਕੱਠ ਕੀਤਾ ਜਾ ਰਿਹਾ, ਜਿਸ ਚ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਮੌਕੇ ਮੀਨਾ ਕੌਰ ਸਰਪੰਚ ਚੀਮਾ ਖੁਰਦ, ਦਿਲਜੀਤ ਕੌਰ, ਮਨਪ੍ਰੀਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Scroll To Top